ਕੇਵਲ ਸਿੰਘ ਢਿੱਲੋਂ ਨੇ ਕਿਹਾ—‘ਆਪ’ ਪਹਿਲਾਂ ਆਪਣੇ ਵਾਅਦਿਆਂ ਦਾ ਜਵਾਬ ਦੇਵੇ
ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਵੱਲੋਂ ਕੀਤੇ ਜਾ ਰਹੇ ਇਹ ਪ੍ਰਦਰਸ਼ਨ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਦੀ ਬਜਾਏ ਸਿਆਸੀ ਮਕਸਦ ਨਾਲ ਕੀਤੇ ਜਾ ਰਹੇ ਹਨ।
ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਨੂੰ 1984 ਦੇ ਮਾਮਲੇ ’ਤੇ ਭਾਜਪਾ ਨੂੰ ਸਵਾਲ ਕਰਨ ਤੋਂ ਪਹਿਲਾਂ ਆਪਣੇ ਪੁਰਾਣੇ ਵਾਅਦਿਆਂ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2017 ਵਿੱਚ ‘ਆਪ’ ਵੱਲੋਂ 1984 ਪੀੜਤ ਪਰਿਵਾਰਾਂ ਲਈ ਪੰਜ ਲੱਖ ਰੁਪਏ ਦੀ ਮਦਦ, ਮਕਾਨ ਅਤੇ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਗਏ ਸਨ।
ਭਾਜਪਾ ਆਗੂ ਨੇ ਸਵਾਲ ਕੀਤਾ ਕਿ ਇਨ੍ਹਾਂ ਵਾਅਦਿਆਂ ਨੂੰ ਕਿੰਨਾ ਲਾਗੂ ਕੀਤਾ ਗਿਆ ਅਤੇ ਪੀੜਤ ਪਰਿਵਾਰਾਂ ਨੂੰ ਕਿੰਨੀ ਰਾਹਤ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਿਖਾਉਣ ਦੀ ਬਜਾਏ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 1984 ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਪ੍ਰਕਿਰਿਆ ਵਿੱਚ ਭਾਜਪਾ ਦੀਆਂ ਸਰਕਾਰਾਂ ਦੌਰਾਨ ਵੀ ਕਾਰਵਾਈ ਹੋਈ ਹੈ। ਉਨ੍ਹਾਂ ਇਸ ਸਬੰਧ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦਾ ਜ਼ਿਕਰ ਕੀਤਾ।
ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ 3,328 ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਇਸ ਤੋਂ ਇਲਾਵਾ ਹਰਿਆਣਾ ਵਿੱਚ 121 ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਦਿੱਲੀ ਵਿੱਚ ਭਾਜਪਾ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਵੀ ਉਨ੍ਹਾਂ ਜ਼ਿਕਰ ਕੀਤਾ।
ਢਿੱਲੋਂ ਨੇ ਕਿਹਾ ਕਿ 1984 ਦੇ ਪੀੜਤ ਪਰਿਵਾਰਾਂ ਨਾਲ ਇਨਸਾਫ਼ ਅਤੇ ਰਾਹਤ ਦਾ ਮੁੱਦਾ ਸਿਆਸੀ ਬਿਆਨਬਾਜ਼ੀ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ‘ਆਪ’ ’ਤੇ ਦੋਸ਼ ਲਾਇਆ ਕਿ ਪਾਰਟੀ ਇਸ ਮੁੱਦੇ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤ ਰਹੀ ਹੈ।