You are currently viewing ਮੂਸੇਵਾਲਾ ਕਤਲ ਮਾਮਲਾ: ਹਾਈ ਕੋਰਟ ਨੇ ਜੋਗਾ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਮੂਸੇਵਾਲਾ ਕਤਲ ਮਾਮਲਾ: ਹਾਈ ਕੋਰਟ ਨੇ ਜੋਗਾ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਚੰਡੀਗੜ੍ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਦੀ ਨਿਯਮਤ ਜ਼ਮਾਨਤ ਦੀ ਪਟੀਸ਼ਨ ਰੱਦ ਕਰ ਦਿੱਤੀ।

ਜਸਟਿਸ ਜਸਜੀਤ ਸਿੰਘ ਬੇਦੀ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਸੁਣਵਾਈ ਦੌਰਾਨ ਪਟੀਸ਼ਨਰ ਵੱਲੋਂ 29 ਮਈ 2022 ਨੂੰ ਮਾਨਸਾ ਦੇ ਸਿਟੀ-1 ਥਾਣੇ ਵਿੱਚ ਦਰਜ ਕਤਲ ਅਤੇ ਹੋਰ ਧਾਰਾਵਾਂ ਨਾਲ ਸਬੰਧਤ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕੀਤੀ ਗਈ ਸੀ।

ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਜਾਂਚ ਵਿੱਚ ਜੋਗਿੰਦਰ ਸਿੰਘ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਅਹਿਮ ਭੂਮਿਕਾ ਵਾਲੇ ਮੁਲਜ਼ਮਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਅਦਾਲਤੀ ਰਿਕਾਰਡ ਅਨੁਸਾਰ ਉਸ ’ਤੇ ਕਥਿਤ ਤੌਰ ’ਤੇ ਹਮਲਾਵਰਾਂ ਨੂੰ ਠਿਕਾਣਾ ਦੇਣ ਅਤੇ ਇੱਕ ਸਾਥੀ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ਵੀ ਹਨ।

ਹਾਈ ਕੋਰਟ ਨੇ ਇਹ ਵੀ ਨੋਟ ਕੀਤਾ ਕਿ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਜੋਗਾ ਕਥਿਤ ਤੌਰ ’ਤੇ ਫਰਾਰ ਹੋ ਗਿਆ ਸੀ ਅਤੇ ਉਸ ਨੂੰ ਭਗੌੜਾ ਐਲਾਨਿਆ ਗਿਆ ਸੀ। ਪੁਲਿਸ ਨੇ ਉਸ ਨੂੰ 26 ਜੂਨ 2023 ਨੂੰ ਗ੍ਰਿਫ਼ਤਾਰ ਕੀਤਾ ਸੀ।

ਅਦਾਲਤ ਦੇ ਸਾਹਮਣੇ ਇਹ ਤੱਥ ਵੀ ਰੱਖਿਆ ਗਿਆ ਕਿ ਮੁਲਜ਼ਮ ਖ਼ਿਲਾਫ਼ ਕਰੀਬ 20 ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੈਂਚ ਨੇ ਖਦਸ਼ਾ ਜ਼ਾਹਰ ਕੀਤਾ ਕਿ ਜੇਕਰ ਉਸ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਤਾਂ ਉਹ ਸਬੂਤਾਂ ਨਾਲ ਛੇੜਛਾੜ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ।

ਇਨ੍ਹਾਂ ਸਾਰੇ ਤੱਥਾਂ ਅਤੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹਾਈ ਕੋਰਟ ਨੇ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ।