You are currently viewing ਸ਼ੀਤਲ ਅੰਗੁਰਾਲ ਨੇ ਸੰਭਾਲੀ ਪੰਜਾਬ ਭਾਜਪਾ ਐੱਸ.ਸੀ. ਮੋਰਚਾ ਦੀ ਕਮਾਨ

ਸ਼ੀਤਲ ਅੰਗੁਰਾਲ ਨੇ ਸੰਭਾਲੀ ਪੰਜਾਬ ਭਾਜਪਾ ਐੱਸ.ਸੀ. ਮੋਰਚਾ ਦੀ ਕਮਾਨ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਐੱਸ.ਸੀ. ਮੋਰਚਾ ਦੇ ਨਵ-ਨਿਯੁਕਤ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਅੱਜ ਪੰਜਾਬ ਭਾਜਪਾ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਮੌਜੂਦ ਰਹੇ।

ਕੇਵਲ ਸਿੰਘ ਢਿੱਲੋਂ ਨੇ ਸ਼ੀਤਲ ਅੰਗੁਰਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅੰਗੁਰਾਲ ਲੰਮੇ ਸਮੇਂ ਤੋਂ ਸਰਗਰਮ ਰਾਜਨੀਤੀ ਨਾਲ ਜੁੜੇ ਹੋਏ ਹਨ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨਾਲ ਕੰਮ ਕਰਨ ਦਾ ਤਜਰਬਾ ਰੱਖਦੇ ਹਨ।

ਸੂਬਾ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਨਵੀਂ ਅਗਵਾਈ ਹੇਠ ਐੱਸ.ਸੀ. ਮੋਰਚਾ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਏਗਾ। ਉਨ੍ਹਾਂ ਨਵੇਂ ਪ੍ਰਧਾਨ ਨੂੰ ਸੀਨੀਅਰ ਆਗੂਆਂ ਦੇ ਤਜਰਬੇ ਅਤੇ ਸਹਿਯੋਗ ਦਾ ਲਾਭ ਲੈ ਕੇ ਮੋਰਚੇ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਅਪੀਲ ਵੀ ਕੀਤੀ।

ਸਮਾਗਮ ਵਿੱਚ ਐੱਸ.ਸੀ. ਮੋਰਚਾ ਦੇ ਕੌਮੀ ਜਨਰਲ ਸਕੱਤਰ ਸੰਜੇ ਨਿਰਮਲ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਐੱਸ.ਸੀ. ਮੋਰਚਾ ਦੇ ਸਾਬਕਾ ਪ੍ਰਧਾਨ ਐੱਸ.ਆਰ. ਲੱਧੜ, ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ ਅਤੇ ਪੰਜਾਬ ਭਾਜਪਾ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ ਸਮੇਤ ਕਈ ਆਗੂ ਸ਼ਾਮਲ ਹੋਏ। ਇਸ ਤੋਂ ਇਲਾਵਾ ਮੋਰਚੇ ਦੇ ਅਹੁਦੇਦਾਰਾਂ, ਜ਼ਿਲ੍ਹਾ ਪੱਧਰੀ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਵੀ ਹਾਜ਼ਰੀ ਭਰੀ।

ਕੇਵਲ ਸਿੰਘ ਢਿੱਲੋਂ ਨੇ ਐੱਸ.ਸੀ. ਭਾਈਚਾਰੇ ਦੀ ਦੇਸ਼ ਅਤੇ ਪੰਜਾਬ ਦੇ ਵਿਕਾਸ ਵਿੱਚ ਭੂਮਿਕਾ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਸਮਾਜ ਦੇ ਇਸ ਵਰਗ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸਰਬਪੱਖੀ ਵਿਕਾਸ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਗੁਰੂ ਰਵਿਦਾਸ ਜੀ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਭਰ ਵਿੱਚ ‘ਸਮਰਸਤਾ ਸੰਕਲਪ ਅਭਿਆਨ’ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਨਾਲ ਸਬੰਧਤ ਪਵਿੱਤਰ ਮਿੱਟੀ ਵਾਲਾ ਕਲਸ਼ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲਿਜਾਇਆ ਜਾ ਰਿਹਾ ਹੈ।

ਇਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਗੱਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਗੈਂਗਸਟਰਵਾਦ ਨਾਲ ਜੁੜੀਆਂ ਸਮੱਸਿਆਵਾਂ ਗੰਭੀਰ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਅਧਿਆਪਕਾਂ ਸਮੇਤ ਕਈ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹਨ।

ਸ਼ੀਤਲ ਅੰਗੁਰਾਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਮੋਰਚੇ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ’ਤੇ ਜ਼ੋਰ ਦਿੱਤਾ।