You are currently viewing ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਤੇ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੀ ਕਾਰਵਾਈ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਤੇ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੀ ਕਾਰਵਾਈ

ਵਿਕਰਮਜੀਤ ਵਿੱਕੀ ਦੀ ਅਣਅਧਿਕਾਰਤ ਉਸਾਰੀ ਢਾਹੀ
ਜਲੰਧਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਨਗਰ ਨਿਗਮ ਜਲੰਧਰ ਅਤੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ਵਿੱਚ ਵਿਕਰਮਜੀਤ ਵਿੱਕੀ ਦੀ ਅਣਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ।
ਏ.ਸੀ.ਪੀ. ਵੈਸਟ ਆਤਿਸ਼ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਕਰਮਜੀਤ ਵਿੱਕੀ ਵਿਰੁੱਧ ਕੁੱਲ 12 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ ਕਈ ਮੁਕੱਦਮਿਆਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਵਿਰੁੱਧ ਆਖਰੀ ਮੁਕੱਦਮਾ ਜੁਲਾਈ 2026 ਵਿੱਚ ਦਰਜ ਹੋਇਆ ਸੀ। ਉਕਤ ਮਾਮਲੇ ਵਿੱਚ ਵਿਕਰਮਜੀਤ ਵਿੱਕੀ ਮਾਣਯੋਗ ਅਦਾਲਤ ਤੋਂ ਜ਼ਮਾਨਤ ਪ੍ਰਾਪਤ ਕਰਕੇ ਇਸ ਸਮੇਂ ਜ਼ਮਾਨਤ ’ਤੇ ਬਾਹਰ ਹੈ। ਉਹ ਨਾ ਫਰਾਰ ਹੈ ਅਤੇ ਨਾ ਹੀ ਭਗੌੜਾ ਐਲਾਨਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੱਜ ਅਣਅਧਿਕਾਰਤ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਜਾਂ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਵਿਕਰਮਜੀਤ ਵਿੱਕੀ ਨੂੰ ਸੁਰੱਖਿਆ ਦੇ ਮੱਦੇਨਜ਼ਰ ਕੁਝ ਸਮੇਂ ਲਈ ਪੁਲਿਸ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਸੀ। ਉਸ ਦੀ ਸਿਹਤ ਸਬੰਧੀ ਸਥਿਤੀ ਨੂੰ ਵੀ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਪੁਸ਼ਟ ਖ਼ਬਰਾਂ, ਅਫ਼ਵਾਹਾਂ ਜਾਂ ਗਲਤ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਪਸ਼ਟੀਕਰਨ ਲਈ ਕੇਵਲ ਕਮਿਸ਼ਨਰੇਟ ਪੁਲਿਸ ਜਲੰਧਰ ਜਾਂ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰਤ ਸਰੋਤਾਂ ਤੋਂ ਹੀ ਪੁਸ਼ਟੀ ਕੀਤੀ ਜਾਵੇ।