You are currently viewing ਚਾਵਲਾ ਮਾਮਲੇ ਵਿੱਚ ‘ਆਪ’ ਵੱਲੋਂ ਵਿਰਸਾ ਸਿੰਘ ਵਲਟੋਹਾ ਦੀ ਕਥਿਤ ਆਡੀਓ ਜਾਰੀ

ਚਾਵਲਾ ਮਾਮਲੇ ਵਿੱਚ ‘ਆਪ’ ਵੱਲੋਂ ਵਿਰਸਾ ਸਿੰਘ ਵਲਟੋਹਾ ਦੀ ਕਥਿਤ ਆਡੀਓ ਜਾਰੀ

ਬਹਿਰੀਨ ਤੋਂ ਆਈ ਮਹਿਲਾ ਦੇ ਸਰਾਂਵਾਂ ਵਿੱਚ ਲੰਮੇ ਠਹਿਰਾਅ ਅਤੇ ਕਥਿਤ ਵਿੱਤੀ ਲੈਣ-ਦੇਣ ਬਾਰੇ ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ, 2 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਬਹਿਰੀਨ ਤੋਂ ਆਈ ਸ਼ਿਕਾਇਤਕਰਤਾ ਮਹਿਲਾ ਵਿਚਾਲੇ ਹੋਈ ਦੱਸੀ ਜਾ ਰਹੀ ਗੱਲਬਾਤ ਦੀ ਇੱਕ ਕਥਿਤ ਆਡੀਓ ਰਿਕਾਰਡਿੰਗ ਜਾਰੀ ਕੀਤੀ ਹੈ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਆਡੀਓ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ ਬਾਰੇ ਸਵਾਲ ਉਠਾਏ।

ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਥਿਤ ਆਡੀਓ ਵਿੱਚ ਸੱਤ-ਅੱਠ ਮਹੀਨਿਆਂ ਦੇ ਸਮੇਂ ਦੌਰਾਨ ਹੋਏ ਦੱਸੇ ਜਾ ਰਹੇ ਵਿੱਤੀ ਲੈਣ-ਦੇਣ ਦਾ ਜ਼ਿਕਰ ਹੈ। ਉਨ੍ਹਾਂ ਸਵਾਲ ਕੀਤਾ ਕਿ ਬਹਿਰੀਨ ਤੋਂ ਮਹਿਲਾ ਨੂੰ ਪੰਜਾਬ ਲਿਆਉਣ ਦੀਆਂ ਕੀ ਪਰਿਸਥਿਤੀਆਂ ਸਨ ਅਤੇ ਉਸ ਨੂੰ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਰਾਂਵਾਂ ਵਿੱਚ ਲੰਮੇ ਸਮੇਂ ਤੱਕ ਠਹਿਰਾਉਣ ਦਾ ਪ੍ਰਬੰਧ ਕਿਵੇਂ ਕੀਤਾ ਗਿਆ।

ਪੰਨੂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮਹਿਲਾ ਨੂੰ ਪੰਜਾਬ ਲਿਆਉਣ, ਉਸ ਦੇ ਠਹਿਰਾਅ ਅਤੇ ਇਸ ਨਾਲ ਜੁੜੇ ਕਥਿਤ ਖ਼ਰਚਿਆਂ ਬਾਰੇ ਸਪਸ਼ਟੀਕਰਨ ਮੰਗਿਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਮਹਿਲਾ ਦੀ ਪੰਜਾਬ ਵਿੱਚ ਮੌਜੂਦਗੀ ਅਤੇ ਉਸ ਦੇ ਠਹਿਰਾਅ ਸਬੰਧੀ ਜਾਣਕਾਰੀ ਸੀ।

ਰਿਪੋਰਟਾਂ ਮੁਤਾਬਕ ਬਹਿਰੀਨ ਤੋਂ ਆਈ ਮਹਿਲਾ ਨੇ ਦੱਸਿਆ ਹੈ ਕਿ ਪੰਜਾਬ ਪਰਤਣ ਤੋਂ ਬਾਅਦ ਉਸ ਨੂੰ ਸ੍ਰੀ ਆਨੰਦਪੁਰ ਸਾਹਿਬ ਸਥਿਤ ਸ਼੍ਰੋਮਣੀ ਕਮੇਟੀ ਦੀ ਸਰਾਂ ਵਿੱਚ ਠਹਿਰਾਇਆ ਗਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਹੋਰ ਸਰਾਂ ਵਿੱਚ ਤਬਦੀਲ ਕੀਤਾ ਗਿਆ। ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਣਾਏ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਮਹਿਲਾ ਦੀ ਸ਼ਿਕਾਇਤ ’ਤੇ ਪੰਜਾਬ ਪੁਲੀਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚਾਵਲਾ ਇਨ੍ਹਾਂ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ। ਕਥਿਤ ਆਡੀਓ ਦੀ ਪ੍ਰਮਾਣਿਕਤਾ ਅਤੇ ਇਸ ਵਿੱਚ ਕੀਤੇ ਗਏ ਦਾਅਵਿਆਂ ਦੀ ਸੁਤੰਤਰ ਪੁਸ਼ਟੀ ਬਾਰੇ ਹਾਲੇ ਕੋਈ ਨਿਰਣਾਇਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।