ਚੰਡੀਗੜ੍ਹ, )- ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਦੀ ਮੁੜ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਰੱਖੀ।
ਧਾਮੀ ਨੇ ਦੋਸ਼ ਲਾਇਆ ਕਿ ਇਸ ਮਾਮਲੇ ਨੂੰ ਸੋਸ਼ਲ ਮੀਡੀਆ ਰਾਹੀਂ ਇੱਕ ਤਰ੍ਹਾਂ ਦੇ ਮੁਕੱਦਮੇ ਵਜੋਂ ਪੇਸ਼ ਕੀਤਾ ਗਿਆ ਅਤੇ ਇਸ ਨਾਲ ਸ਼੍ਰੋਮਣੀ ਕਮੇਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਅਮਰਜੀਤ ਚਾਵਲਾ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਜਾਂ ਸੰਸਥਾ ਨਾਲ ਸਬੰਧਤ ਕੋਈ ਦੋਸ਼ ਸਾਬਤ ਹੁੰਦਾ ਹੈ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹਨ।
ਪ੍ਰੈਸ ਕਾਨਫਰੰਸ ਦੌਰਾਨ ਧਾਮੀ ਨੇ ਬਹਿਰੀਨ ਨਾਲ ਸਬੰਧਤ ਬੀਬੀ ਜਸਵਿੰਦਰ ਕੌਰ ਨੂੰ ਇਲਾਜ ਲਈ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਕਰਨਾ ਆਮ ਗੱਲ ਹੈ ਅਤੇ ਇਸ ਸਹਾਇਤਾ ਨੂੰ ਕਿਸੇ ਹੋਰ ਮਾਮਲੇ ਨਾਲ ਜੋੜਨਾ ਠੀਕ ਨਹੀਂ ਹੈ।
ਉਨ੍ਹਾਂ ਆਪਣੇ ਨਾਲ ਬੀਬੀ ਜਸਵਿੰਦਰ ਕੌਰ ਦੀ ਮੁਲਾਕਾਤ ਸਬੰਧੀ ਕੀਤੀਆਂ ਜਾ ਰਹੀਆਂ ਗੱਲਾਂ ਨੂੰ ਵੀ ਰੱਦ ਕੀਤਾ। ਧਾਮੀ ਨੇ ਕਿਹਾ ਕਿ ਮਾਮਲੇ ਨਾਲ ਜੁੜੇ ਸਾਰੇ ਤੱਥ ਜਾਂਚ ਰਾਹੀਂ ਸਪੱਸ਼ਟ ਹੋਣੇ ਚਾਹੀਦੇ ਹਨ।