ਰਾਜਵਿੰਦਰ ਕੌਰ ਥਿਆੜਾ ਦੀ ਥਾਂ ਹੋਈ ਨਿਯੁਕਤੀ; ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਇਸ ਹਲਕੇ ਤੋਂ ਮੌਜੂਦਾ ਵਿਧਾਇਕ
ਜਲੰਧਰ, 15 ਅਕਤੂਬਰ
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਹਲਕੇ ਵਿੱਚ ਜਥੇਬੰਦਕ ਤਬਦੀਲੀ ਕਰਦਿਆਂ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਦੀਪਕ ਬਾਲੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਰਾਜਵਿੰਦਰ ਕੌਰ ਥਿਆੜਾ ਦੀ ਥਾਂ ਸੌਂਪੀ ਗਈ ਹੈ।
ਦੀਪਕ ਬਾਲੀ ਪਾਰਟੀ ਵਿੱਚ ਸੂਬਾ ਪੱਧਰ ’ਤੇ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਹ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰੋਤਸਾਹਨ ਬੋਰਡ ਨਾਲ ਸਲਾਹਕਾਰ ਵਜੋਂ ਵੀ ਜੁੜੇ ਹੋਏ ਹਨ। ਇਸ ਤੋਂ ਇਲਾਵਾ, ਉਹ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵੀ ਹਨ।
ਪਰਗਟ ਸਿੰਘ ਦੇ ਹਲਕੇ ਵਿੱਚ ‘ਆਪ’ ਦੀ ਨਵੀਂ ਰਣਨੀਤੀ
ਦੀਪਕ ਬਾਲੀ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ, ਜਦੋਂ ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਸਿਆਸੀ ਘਟਨਾਕ੍ਰਮ ਦੇ ਮੱਦੇਨਜ਼ਰ ਹਲਕੇ ਵਿੱਚ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਅਤੇ ਜਥੇਬੰਦਕ ਤਿਆਰੀਆਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ।
ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਦੀਪਕ ਬਾਲੀ ਦੀ ਅਗਵਾਈ ਹੇਠ ਪਾਰਟੀ ਵੱਲੋਂ ਹਲਕੇ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ’ਤੇ ਧਿਆਨ ਦਿੱਤੇ ਜਾਣ ਦੀ ਉਮੀਦ ਹੈ।