ਮ੍ਰਿਤਕਾਂ ਵਿੱਚ 20 ਮਾਸੂਮ ਵਿਦਿਆਰਥੀ ਅਤੇ ਇੱਕ ਅਧਿਆਪਿਕਾ ਸ਼ਾਮਲ; 40 ਤੋਂ ਵੱਧ ਜ਼ਖ਼ਮੀ, ਹਸਪਤਾਲਾਂ ਵਿੱਚ ਐਮਰਜੈਂਸੀ ਪ੍ਰਬੰਧ
ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਇੱਕ ਨਿੱਜੀ ਸਕੂਲ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 21 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਿਕਾ ਸ਼ਾਮਲ ਹਨ। ਮ੍ਰਿਤਕ ਬੱਚਿਆਂ ਦੀ ਉਮਰ 13 ਸਾਲ ਜਾਂ ਇਸ ਤੋਂ ਘੱਟ ਦੱਸੀ ਜਾ ਰਹੀ ਹੈ। ਇਹ ਘਟਨਾ ਸ਼ਹਿਰ ਦੇ ਡੀਅਰ ਕਲੋਨੀ ਇਲਾਕੇ ਵਿੱਚ ਵਾਪਰੀ। ਹਾਦਸੇ ਦੌਰਾਨ 40 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਦੇਣ ਲਈ ਹਸਪਤਾਲ ਵਿੱਚ ਐਮਰਜੈਂਸੀ ਪ੍ਰਬੰਧ ਕੀਤੇ ਗਏ ਹਨ। ਟਰਾਮਾ ਵਾਰਡ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਜ਼ਖ਼ਮੀਆਂ ਦਾ ਤੁਰੰਤ ਇਲਾਜ ਕੀਤਾ ਜਾ ਸਕੇ। ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਦੁਖਦਾਈ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ।
ਖੈਬਰ ਪਖਤੂਨਖਵਾ ਦੇ ਗਵਰਨਰ ਫੈਸਲ ਕਰੀਮ ਕੁੰਡੀ ਨੇ ਵੀ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨਾਲ ਸੰਵੇਦਨਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮਾਸੂਮ ਬੱਚਿਆਂ ਦੀ ਜਾਨ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿਣ ਦੇਣ ਦੀ ਹਦਾਇਤ ਕੀਤੀ।
ਗਵਰਨਰ ਨੇ ਸਕੂਲ ਦੀ ਛੱਤ ਡਿੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਵਿਸਤ੍ਰਿਤ ਰਿਪੋਰਟ ਵੀ ਮੰਗੀ ਹੈ। ਹਾਦਸੇ ਦੇ ਅਸਲ ਕਾਰਨਾਂ ਬਾਰੇ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।