ਸਾਈਬਰ ਅਤਿਵਾਦ ਦੀ ਧਾਰਾ 66F ਲਾਗੂ ਹੋਣ ਦੇ ਸੰਕੇਤ; ਕੇਂਦਰ ਇੱਕ ਹਫ਼ਤੇ ਅੰਦਰ ਐੱਨਆਈਏ ਜਾਂਚ ਬਾਰੇ ਕਰੇਗਾ ਫੈਸਲਾ
ਚੰਡੀਗੜ੍ਹ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਕੈਂਪਸ ਵਿੱਚ ਹੋਏ ਹਿੰਸਕ ਪ੍ਰਦਰਸ਼ਨਾਂ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 72 ਘੰਟਿਆਂ ਦੇ ਅੰਦਰ ਜਾਂਚ ਸਬੰਧੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਕੇਂਦਰ ਸਰਕਾਰ ਇੱਕ ਹਫ਼ਤੇ ਦੇ ਅੰਦਰ ਫੈਸਲਾ ਕਰੇਗੀ ਕਿ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪੀ ਜਾਵੇ ਜਾਂ ਨਹੀਂ।
ਜਾਣਕਾਰੀ ਮੁਤਾਬਕ, ਪੰਜਾਬ ਪੁਲੀਸ ਵੱਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਕੁਝ ਅਜਿਹੇ ਸਬੂਤ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਮੁੱਢਲੇ ਤੌਰ ’ਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66F ਲਾਗੂ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਹ ਧਾਰਾ ਸਾਈਬਰ ਅਤਿਵਾਦ ਨਾਲ ਸਬੰਧਤ ਹੈ।
ਕਿਉਂਕਿ ਆਈਟੀ ਐਕਟ ਦੀ ਧਾਰਾ 66F ਨੂੰ ਐੱਨਆਈਏ ਐਕਟ-2008 ਤਹਿਤ ਸੂਚੀਬੱਧ ਅਪਰਾਧਾਂ ਵਿੱਚ ਸ਼ਾਮਲ ਕੀਤਾ ਗਿਆ ਹੈ, ਇਸ ਲਈ ਅਜਿਹੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਸੂਚਿਤ ਕਰਨਾ ਅਤੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨੀ ਜ਼ਰੂਰੀ ਹੈ।
ਹਾਈ ਕੋਰਟ ਦੇ ਇਸ ਨਿਰਦੇਸ਼ ਤੋਂ ਬਾਅਦ ਹੁਣ ਸਾਰਿਆਂ ਦੀ ਨਜ਼ਰ ਪੰਜਾਬ ਸਰਕਾਰ ਵੱਲੋਂ ਭੇਜੀ ਜਾਣ ਵਾਲੀ ਰਿਪੋਰਟ ਅਤੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਟਿਕੀ ਹੋਈ ਹੈ। ਜੇਕਰ ਕੇਂਦਰ ਸਰਕਾਰ ਐੱਨਆਈਏ ਜਾਂਚ ਦਾ ਫੈਸਲਾ ਕਰਦੀ ਹੈ ਤਾਂ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਦੇ ਹੱਥਾਂ ਵਿੱਚ ਜਾ ਸਕਦੀ ਹੈ।