ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਪੂਰੀ ਨਾ ਹੋਣ ਕਾਰਨ ਪਹੁੰਚਣ ਵਿੱਚ ਹੋਈ ਦੇਰੀ; ਨਵੀਂ ਤਰੀਕ ਲਈ ਸੋਮਵਾਰ ਨੂੰ ਅਦਾਲਤ ਵਿੱਚ ਦਿੱਤੀ ਜਾਵੇਗੀ ਅਰਜ਼ੀ
ਅੰਮ੍ਰਿਤਸਰ, 14 ਨਵੰਬਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਕਸਟਡੀ ਪੈਰੋਲ ਦੀ ਮਨਜ਼ੂਰੀ ਮਿਲਣ ਦੇ ਬਾਵਜੂਦ ਉਹ ਸ਼ਨੀਵਾਰ ਨੂੰ ਪੰਜਾਬ ਨਹੀਂ ਪਹੁੰਚ ਸਕੇ। ਉਨ੍ਹਾਂ ਦੇ ਨਾ ਪਹੁੰਚਣ ਕਾਰਨ ਪਰਿਵਾਰ ਨੇ ਦਾਦੀ ਮਾਤਾ ਚਰਨ ਕੌਰ ਦੇ ਸਸਕਾਰ ਦੀ ਤਰੀਕ ਅੱਗੇ ਪਾ ਦਿੱਤੀ ਹੈ। ਹੁਣ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੈਰੋਲ ਦੀ ਨਵੀਂ ਤਰੀਕ ਵਾਸਤੇ ਸੋਮਵਾਰ ਨੂੰ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ।
ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਅਕਤੂਬਰ ਨੂੰ ਦੀਵਾਲੀ ਵਾਲੀ ਸ਼ਾਮ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਵਾਸਤੇ 11 ਨਵੰਬਰ ਨੂੰ ਅਰਜ਼ੀ ਦਿੱਤੀ ਗਈ ਸੀ।
ਉਨ੍ਹਾਂ ਅਨੁਸਾਰ, ਅਦਾਲਤ ਨੇ 13 ਨਵੰਬਰ ਨੂੰ ਹੁਕਮ ਜਾਰੀ ਕਰਦਿਆਂ 14 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਦਿੱਤੀ ਸੀ। ਇਸ ਪ੍ਰਬੰਧ ਤਹਿਤ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਮਾਤਾ ਚਰਨ ਕੌਰ ਦੇ ਦੋਹਤੇ ਸੁਖਮਨਪ੍ਰੀਤ ਸਿੰਘ ਨੂੰ ਵੀ ਨਾਲ ਲਿਆਉਣ ਦੀ ਵਿਵਸਥਾ ਕੀਤੀ ਗਈ ਸੀ।
ਹਾਲਾਂਕਿ, ਅਦਾਲਤੀ ਹੁਕਮ ਜਾਰੀ ਹੋਣ ਅਤੇ ਪੰਜਾਬ ਲਿਆਉਣ ਦੀ ਨਿਰਧਾਰਤ ਤਰੀਕ ਵਿਚਕਾਰ ਸਮਾਂ ਬਹੁਤ ਘੱਟ ਹੋਣ ਕਾਰਨ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਰਸਮਾਂ ਪੂਰੀਆਂ ਨਹੀਂ ਹੋ ਸਕੀਆਂ। ਇਸੇ ਕਾਰਨ ਅੰਮ੍ਰਿਤਪਾਲ ਸਿੰਘ ਦਾ ਪੰਜਾਬ ਪਹੁੰਚਣਾ ਸੰਭਵ ਨਹੀਂ ਹੋ ਸਕਿਆ।
ਹੁਣ ਪਰਿਵਾਰ ਵੱਲੋਂ ਸਸਕਾਰ ਦੀ ਅਗਲੀ ਤਰੀਕ ਤੈਅ ਕਰਨ ਦੇ ਨਾਲ-ਨਾਲ ਪੈਰੋਲ ਲਈ ਨਵੀਂ ਤਰੀਕ ਦੀ ਮੰਗ ਕਰਦਿਆਂ ਸੋਮਵਾਰ ਨੂੰ ਅਦਾਲਤ ਵਿੱਚ ਅਰਜ਼ੀ ਦਿੱਤੀ ਜਾਵੇਗੀ।