15 ਤੋਂ 30 ਸਾਲ ਉਮਰ ਵਰਗ ਦੇ ਨੌਜਵਾਨ ਲੈ ਸਕਣਗੇ ਹਿੱਸਾ; ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਭੂਗੋਲ ਨਾਲ ਜੁੜੇ ਹੋਣਗੇ ਸਵਾਲ
ਚੰਡੀਗੜ੍ਹ, 14 ਨਵੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਪੰਜਾਬੀ ਵਿਰਸੇ, ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ‘ਪੰਜਾਬ ਦਾ ਕਰੋੜਪਤੀ’ ਨਾਮਕ ਵਿਸ਼ੇਸ਼ ਮੁਕਾਬਲੇ ਦੀ ਸ਼ੁਰੂਆਤ ਕੀਤੀ ਹੈ। ਸਵਾਲ-ਜਵਾਬ ’ਤੇ ਆਧਾਰਿਤ ਇਸ ਮੁਕਾਬਲੇ ਰਾਹੀਂ ਨੌਜਵਾਨਾਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਪ੍ਰੋਗਰਾਮ ਤਹਿਤ 10 ਹਜ਼ਾਰ ਬੱਚਿਆਂ ਨੂੰ ਇਨਾਮ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਟੈਲੀਵਿਜ਼ਨ ਮੁਕਾਬਲੇ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਤਿਆਰ ਕੀਤੇ ਗਏ ਇਸ ਪ੍ਰੋਗਰਾਮ ਦਾ ਵਿਸ਼ੇਸ਼ ਪੋਰਟਲ ਸ਼ੁਰੂ ਕੀਤਾ। ਇਸ ਮੁਕਾਬਲੇ ਨੂੰ ਕੁੱਲ 11 ਪੜਾਵਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਨੌਂ ਪੜਾਅ ਆਨਲਾਈਨ ਕਰਵਾਏ ਜਾਣਗੇ, ਜਦਕਿ ਇਨ੍ਹਾਂ ਵਿੱਚੋਂ ਚੁਣੇ ਗਏ ਭਾਗੀਦਾਰਾਂ ਨੂੰ ਆਖ਼ਰੀ ਦੋ ਪੜਾਵਾਂ ਲਈ ਸਿੱਧੇ ਤੌਰ ’ਤੇ ਹਾਜ਼ਰ ਹੋਣਾ ਪਵੇਗਾ।
ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਹਿੱਸਾ ਲੈਣ ਦੇ ਯੋਗ ਹੋਣਗੇ। ਮੁਕਾਬਲੇ ਦੇ ਸਵਾਲ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਭੂਗੋਲ ਨਾਲ ਸਬੰਧਤ ਹੋਣਗੇ। ਇਸ ਤਰ੍ਹਾਂ ਨੌਜਵਾਨਾਂ ਨੂੰ ਆਪਣੇ ਸੂਬੇ ਦੀ ਵਿਰਾਸਤ ਅਤੇ ਪਛਾਣ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲੇਗਾ।
ਸਰਕਾਰ ਦੀ ਇਸ ਪਹਿਲ ਦਾ ਮਕਸਦ ਨੌਜਵਾਨਾਂ ਵਿੱਚ ਗਿਆਨ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਤੇ ਪੰਜਾਬੀਅਤ ਨਾਲ ਜੋੜਨਾ ਹੈ।