ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਨੂੰ ਲਾਗੂ ਕਰਨ ’ਤੇ ਲੱਗੀ ਰੋਕ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਭੂਮਿਕਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੇ ਸਪੱਸ਼ਟੀਕਰਨ ਮੰਗਿਆ ਹੈ। ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਧਿਕਾਰੀ ਨੂੰ ਪੱਤਰ ਭੇਜ ਕੇ 18 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਦੋ ਮਹੱਤਵਪੂਰਨ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਗਿਆ ਹੈ।
ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ ਵੱਲੋਂ ਭੇਜੇ ਗਏ ਪੱਤਰ ਵਿੱਚ ਸਭ ਤੋਂ ਪਹਿਲਾਂ ਇਹ ਪੁੱਛਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 29 ਜੂਨ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਲਈ ਪੰਜਾਬ ਸਰਕਾਰ ਨੇ ਹੁਣ ਤੱਕ ਕੀ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਹੁਕਮਾਂ ਸਬੰਧੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜ ਸਿੰਘ ਸਾਹਿਬਾਨ ਦੇ ਸਨਮੁੱਖ ਆਪਣੀ ਸਹਿਮਤੀ ਪ੍ਰਗਟਾਈ ਸੀ।
ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਨੂੰਨੀ ਮਾਹਿਰਾਂ ਅਤੇ ਵਿਦਵਾਨਾਂ ਵਾਲੀ ਕਮੇਟੀ ਦੀ ਬੈਠਕ ਹੋਈ, ਜਿਸ ਵਿੱਚ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਧਿਕਾਰੀ ਵੱਲੋਂ 13 ਨਵੰਬਰ ਨੂੰ ਭੇਜੇ ਗਏ ਪੱਤਰ ’ਤੇ ਚਰਚਾ ਕੀਤੀ ਗਈ। ਇਸ ਦੌਰਾਨ ਸਰਕਾਰ ਤੋਂ ਸਥਿਤੀ ਸਪੱਸ਼ਟ ਕਰਨ ਲਈ ਜਵਾਬ ਮੰਗਣ ਦਾ ਫ਼ੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਸੇਵਾਮੁਕਤ ਜਸਟਿਸ ਰੁਪਿੰਦਰ ਸਿੰਘ ਸੋਢੀ, ਸੇਵਾਮੁਕਤ ਜਸਟਿਸ ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਵਕੀਲ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਮੌਜੂਦ ਸਨ।
18 ਨਵੰਬਰ ਦੀ ਪ੍ਰਸਤਾਵਿਤ ਮੀਟਿੰਗ ਤੋਂ ਪਹਿਲਾਂ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਜਵਾਬਾਂ ਨੂੰ ਇਸ ਮਾਮਲੇ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।