ਆਕਸੀਜਨ ਦੀ ਕਮੀ ਦਾ ਦਾਅਵਾ; ਡੱਲੇਵਾਲ ਨੇ ਹੋਰ ਕਿਸਾਨ ਆਗੂਆਂ ਦੀ ਸਿਹਤ ਨੂੰ ਲੈ ਕੇ ਵੀ ਜਤਾਈ ਚਿੰਤਾ
ਫਰੀਦਕੋਟ: ਬੈਂਕਾਂ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਨਾਲ ਜੁੜੇ ਮਾਮਲੇ ਵਿੱਚ ਹਿਰਾਸਤ ਤੋਂ ਬਾਅਦ ਫਰੀਦਕੋਟ ਜੇਲ੍ਹ ਵਿੱਚ ਬੰਦ ਕਿਸਾਨ ਆਗੂ ਕਾਕਾ ਕੋਟੜਾ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਲਿਜਾਇਆ ਗਿਆ।
ਕਾਕਾ ਕੋਟੜਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਨਰਲ ਸਕੱਤਰ ਹਨ। ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ। ਇਸ ਦੌਰਾਨ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਇਕੱਠੇ ਹੋਣ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਕੇ ਜੇਲ੍ਹ ਭੇਜ ਦਿੱਤਾ ਸੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਕਾਕਾ ਕੋਟੜਾ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਉਨ੍ਹਾਂ ਦਾਅਵਾ ਕੀਤਾ ਕਿ ਜੇਲ੍ਹ ਵਿੱਚ ਆਕਸੀਜਨ ਦੀ ਕਮੀ ਕਾਰਨ ਕਾਕਾ ਕੋਟੜਾ ਦੀ ਸਿਹਤ ਵਿਗੜੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਆਉਣਾ ਪਿਆ।
ਡੱਲੇਵਾਲ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾ ਦਾਅਵਾ ਸੀ ਕਿ ਹਸਪਤਾਲ ਪਹੁੰਚਣ ਤੋਂ ਲਗਭਗ ਡੇਢ ਘੰਟੇ ਬਾਅਦ ਤੱਕ ਵੀ ਇਲਾਜ ਸ਼ੁਰੂ ਨਹੀਂ ਹੋਇਆ ਸੀ। ਉਨ੍ਹਾਂ ਮੁਤਾਬਕ ਹਸਪਤਾਲ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਟੈਸਟਾਂ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਇਲਾਜ ਸ਼ੁਰੂ ਕੀਤਾ ਜਾਵੇਗਾ।
ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਕਿਸਾਨਾਂ ਦਾ ਪ੍ਰਦਰਸ਼ਨ ਸ਼ਾਂਤਮਈ ਸੀ, ਇਸ ਦੇ ਬਾਵਜੂਦ ਕਈ ਆਗੂਆਂ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕਾਕਾ ਕੋਟੜਾ ਤੋਂ ਇਲਾਵਾ ਜੇਲ੍ਹ ਵਿੱਚ ਚਾਰ-ਪੰਜ ਹੋਰ ਕਿਸਾਨ ਆਗੂਆਂ ਦੀ ਸਿਹਤ ਵੀ ਠੀਕ ਨਹੀਂ ਹੈ।
ਡੱਲੇਵਾਲ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਹੋਰ ਕਿਸਾਨ ਆਗੂਆਂ ਦੀ ਵੀ ਤੁਰੰਤ ਡਾਕਟਰੀ ਜਾਂਚ ਕਰਵਾਈ ਜਾਵੇ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਹਸਪਤਾਲ ਲਿਜਾ ਕੇ ਇਲਾਜ ਮੁਹੱਈਆ ਕਰਵਾਇਆ ਜਾਵੇ।