ਪਰਿਵਾਰ ਨਾਲ ਮੁਲਾਕਾਤ ਤੇ ਪੁੱਤਰਾਂ ਨਾਲ ਫੋਨ ’ਤੇ ਗੱਲਬਾਤ ਦੀ ਸਹੂਲਤ ਦੇਣ ਦੇ ਵੀ ਨਿਰਦੇਸ਼
ਇਸਲਾਮਾਬਾਦ: ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਕਥਿਤ ਇਕਾਂਤ ਕੈਦ ਵਿੱਚ ਰੱਖਣ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਜੇਲ੍ਹ ਪ੍ਰਸ਼ਾਸਨ ਨੂੰ ਉਨ੍ਹਾਂ ਨੂੰ ਇਕਾਂਤ ਵਿੱਚ ਨਾ ਰੱਖਣ ਦੇ ਨਿਰਦੇਸ਼ ਦਿੱਤੇ ਹਨ।
73 ਸਾਲਾ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਇਸ ਸਮੇਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਦੋਵੇਂ ਭ੍ਰਿਸ਼ਟਾਚਾਰ ਅਤੇ ਇਸ ਨਾਲ ਜੁੜੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜੇਲ੍ਹ ਵਿੱਚ ਹਨ।
ਜਸਟਿਸ ਖਾਦਿਮ ਹੁਸੈਨ ਸੂਮਰੋ ਦੀ ਅਦਾਲਤ ਨੇ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਵੱਲੋਂ ਕਥਿਤ ਇਕਾਂਤ ਕੈਦ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਣਵਾਈ ਯੋਗ ਮੰਨਦਿਆਂ ਇਹ ਹੁਕਮ ਜਾਰੀ ਕੀਤਾ।
ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਇਮਰਾਨ ਖਾਨ ਦੇ ਪਰਿਵਾਰਕ ਮੈਂਬਰਾਂ ਨੂੰ ਜੇਲ੍ਹ ਨਿਯਮਾਂ ਅਨੁਸਾਰ ਮੁਲਾਕਾਤ ਦੀ ਇਜਾਜ਼ਤ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪੁੱਤਰਾਂ ਨਾਲ ਫੋਨ ’ਤੇ ਗੱਲਬਾਤ ਕਰਵਾਉਣ ਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਹੁਕਮ ਵਿੱਚ ਇਮਰਾਨ ਖਾਨ ਨੂੰ ਨਿਯਮਾਂ ਮੁਤਾਬਕ ਰੋਜ਼ਾਨਾ ਅਖ਼ਬਾਰਾਂ ਅਤੇ ਕਿਤਾਬਾਂ ਮੁਹੱਈਆ ਕਰਵਾਉਣ ਦੀ ਗੱਲ ਵੀ ਕਹੀ ਗਈ ਹੈ। ਅਦਾਲਤ ਨੇ ਉਨ੍ਹਾਂ ਦੀਆਂ ਡਾਕਟਰੀ ਜ਼ਰੂਰਤਾਂ ਮੁਤਾਬਕ ਮੈਡੀਕਲ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਇਸਲਾਮਾਬਾਦ ਹਾਈ ਕੋਰਟ ਨੇ ਅਦਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਅਦਾਲਤੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ 15 ਦਿਨਾਂ ਦੇ ਅੰਦਰ ਪਾਲਣਾ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਸ ਮਾਮਲੇ ਵਿੱਚ ਅਦਾਲਤ ਨੇ 6 ਅਗਸਤ ਨੂੰ ਇਮਰਾਨ ਖਾਨ ਦੀ ਭੈਣ ਅਲੀਮਾ ਖਾਨਮ ਅਤੇ ਬੁਸ਼ਰਾ ਬੀਬੀ ਦੀ ਧੀ ਮੁਬਾਸ਼ਰਾ ਖਵਾਰ ਮੇਨਕਾ ਵੱਲੋਂ ਦਾਇਰ ਵੱਖ-ਵੱਖ ਪਟੀਸ਼ਨਾਂ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਸੀ।
ਇਮਰਾਨ ਖਾਨ ਅਗਸਤ 2023 ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਵੱਲੋਂ ਉਨ੍ਹਾਂ ਖ਼ਿਲਾਫ਼ ਚੱਲ ਰਹੇ ਮਾਮਲਿਆਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਿਆ ਜਾਂਦਾ ਰਿਹਾ ਹੈ। ਇਮਰਾਨ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਪਹਿਲਾਂ ਵੀ ਦੋਸ਼ ਲਗਾਏ ਹਨ ਕਿ ਉਨ੍ਹਾਂ ਨੂੰ ਮੁਲਾਕਾਤ ਅਤੇ ਢੁਕਵੀਂ ਡਾਕਟਰੀ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ। ਦੂਜੇ ਪਾਸੇ ਸਰਕਾਰ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦੀ ਰਹੀ ਹੈ।