You are currently viewing ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ਤੋਂ ਹਟਾਉਣ ’ਤੇ ਐਡਵੋਕੇਟ ਧਾਮੀ ਵੱਲੋਂ ਸਖ਼ਤ ਇਤਰਾਜ਼

ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ਤੋਂ ਹਟਾਉਣ ’ਤੇ ਐਡਵੋਕੇਟ ਧਾਮੀ ਵੱਲੋਂ ਸਖ਼ਤ ਇਤਰਾਜ਼

ਪੰਜਾਬ ਯੂਨੀਵਰਸਿਟੀ ਨੂੰ ਇਤਿਹਾਸ ਨਾਲ ਜੁੜੇ ਪੇਪਰ ਮੁੜ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਪਾਠਕ੍ਰਮ ਵਿੱਚ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਪੇਪਰਾਂ ਨੂੰ ਹਟਾਏ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਰਾਜ਼ਗੀ ਜਤਾਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਪ੍ਰਮੁੱਖ ਅਕਾਦਮਿਕ ਸੰਸਥਾ ਦੇ ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਘੱਟ ਮਹੱਤਤਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੇ ਅਨੁਸਾਰ ਪੰਜਾਬ ਦਾ ਇਤਿਹਾਸ ਸਿਰਫ਼ ਇੱਕ ਖੇਤਰ ਤੱਕ ਸੀਮਤ ਨਹੀਂ, ਸਗੋਂ ਭਾਰਤ ਦੇ ਵਿਆਪਕ ਇਤਿਹਾਸ ਦਾ ਮਹੱਤਵਪੂਰਨ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਦਾ ਗੁਰੂ ਸਾਹਿਬਾਨ ਦੀਆਂ ਜੀਵਨ ਯਾਤਰਾਵਾਂ, ਖ਼ਾਲਸਾ ਪੰਥ ਦੀ ਸਿਰਜਣਾ, ਸਿੱਖ ਸੰਘਰਸ਼, ਸਿੱਖ ਰਾਜ ਅਤੇ ਕਈ ਹੋਰ ਇਤਿਹਾਸਕ ਘਟਨਾਵਾਂ ਨਾਲ ਡੂੰਘਾ ਸਬੰਧ ਰਿਹਾ ਹੈ। ਇਸ ਪਿਛੋਕੜ ਨੂੰ ਉੱਚ ਸਿੱਖਿਆ ਦੇ ਪੱਧਰ ’ਤੇ ਵਿਦਿਆਰਥੀਆਂ ਤੋਂ ਦੂਰ ਕਰਨਾ ਉਨ੍ਹਾਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਦੀ ਸਮਝ ਤੋਂ ਵਾਂਝਾ ਕਰਨ ਵਾਲਾ ਕਦਮ ਹੋ ਸਕਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਨੀਵਰਸਿਟੀਆਂ ਦੀ ਜ਼ਿੰਮੇਵਾਰੀ ਨਵੇਂ ਵਿਸ਼ਿਆਂ ਨੂੰ ਪਾਠਕ੍ਰਮ ਵਿੱਚ ਜੋੜਨ ਦੇ ਨਾਲ-ਨਾਲ ਇਤਿਹਾਸਕ ਵਿਰਾਸਤ ਨੂੰ ਵੀ ਖੋਜ ਅਤੇ ਤੱਥਾਂ ਦੇ ਆਧਾਰ ’ਤੇ ਵਿਦਿਆਰਥੀਆਂ ਤੱਕ ਪਹੁੰਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੀ ਭਾਸ਼ਾ, ਸੱਭਿਆਚਾਰ, ਇਤਿਹਾਸ ਅਤੇ ਵਿਰਾਸਤ ਨਾਲ ਪੁਰਾਣਾ ਨਾਤਾ ਹੈ, ਇਸ ਲਈ ਪੰਜਾਬ ਨਾਲ ਸਬੰਧਤ ਇਤਿਹਾਸ ਨੂੰ ਪਾਠਕ੍ਰਮ ਵਿੱਚ ਉਚਿਤ ਸਥਾਨ ਮਿਲਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਸਬੰਧਤ ਅਕਾਦਮਿਕ ਅਧਿਕਾਰੀਆਂ ਨੂੰ ਇਸ ਫੈਸਲੇ ਦੀ ਮੁੜ ਸਮੀਖਿਆ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪੇਪਰਾਂ ਨੂੰ ਐੱਮ.ਏ. ਇਤਿਹਾਸ ਦੇ ਪਾਠਕ੍ਰਮ ਵਿੱਚ ਪਹਿਲਾਂ ਵਾਂਗ ਸ਼ਾਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਇਤਿਹਾਸਕ ਵਿਰਾਸਤ ਅਤੇ ਸਿੱਖ ਇਤਿਹਾਸ ਦੀ ਅਕਾਦਮਿਕ ਮਹੱਤਤਾ ਨੂੰ ਕਾਇਮ ਰੱਖਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।