ਓਟਵਾ : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਜਬਰੀਵਸੂਲੀ, ਗੋਲੀਬਾਰੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਦਿਆਂ ਚਾਰ ਪੰਜਾਬੀ ਨੌਜਵਾਨਾਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਹੈ। ਏਜੰਸੀ ਮੁਤਾਬਕ ਇਨ੍ਹਾਂ ਵਿਅਕਤੀਆਂ ਨੂੰ ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ ਤਹਿਤ ਕੈਨੇਡਾ ਵਿੱਚ ਰਹਿਣ ਲਈ ਅਯੋਗ ਪਾਇਆ ਗਿਆ ਸੀ।
ਡਿਪੋਰਟ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਵਜੋਂ ਕੀਤੀ ਗਈ ਹੈ। ਇਨ੍ਹਾਂ ਵਿਰੁੱਧ ਜਬਰੀ ਵਸੂਲੀ, ਗੋਲੀਬਾਰੀ ਅਤੇ ਹੋਰ ਹਿੰਸਕ ਘਟਨਾਵਾਂ ਨਾਲ ਸਬੰਧਤ ਮਾਮਲੇ ਦਰਜ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
CBSA ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਜਬਰੀ ਵਸੂਲੀ ਅਤੇ ਗੋਲੀਬਾਰੀ ਨਾਲ ਸਬੰਧਤ ਮਾਮਲਿਆਂ ਵਿੱਚ 111 ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ ਜਿ਼ਆਦਾਤਰ ਵਿਅਕਤੀ ਬ੍ਰਿਟਿਸ਼ ਕੋਲੰਬੀਆ ਅਤੇ ਓਂਟਾਰੀਓ ਨਾਲ ਸਬੰਧਤ ਸਨ। ਏਜੰਸੀ ਨੇ ਡਿਪੋਰਟ ਕੀਤੇ ਗਏ ਸਾਰੇ ਵਿਅਕਤੀਆਂ ਦੀ ਕੌਮੀਅਤ ਜਨਤਕ ਨਹੀਂ ਕੀਤੀ।
2025 ਦੌਰਾਨ ਨੇ ਕੁੱਲ 23,160 ਵਿਅਕਤੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਿਸ ਭੇਜਿਆ, ਜਿਨ੍ਹਾਂ ਵਿੱਚ 1,010 ਲੋਕ ਗੰਭੀਰ ਅਪਰਾਧਿਕ ਮਾਮਲਿਆਂ ਨਾਲ ਸਬੰਧਤ ਸਨ।
ਏਜੰਸੀ ਦੀ ਮੁਖੀ ਐਰਿਨ ਓ’ਗੋਰਮਨ ਨੇ ਕਿਹਾ ਕਿ ਇਮੀਗ੍ਰੇਸ਼ਨ ਕਾਨੂੰਨ ਤਹਿਤ ਅਯੋਗ ਪਾਏ ਗਏ ਵਿਅਕਤੀਆਂ ਨੂੰ ਕੈਨੇਡਾ ਤੋਂ ਹਟਾਉਣਾ ਏਜੰਸੀ ਦੀ ਮੁੱਖ ਤਰਜੀਹ ਹੈ
ਫੈਡਰਲ ਲੋਕ ਸੁਰੱਖਿਆ ਮੰਤਰੀ ਗੈਰੀ ਅਨੰਦਾਸੰਗਰੀ ਨੇ ਕਿਹਾ ਕਿ ਸਰਕਾਰ ਜਬਰੀ ਵਸੂਲੀ ਅਤੇ ਇਸ ਨਾਲ ਜੁੜੀ ਹਿੰਸਾ ਨੂੰ ਖ਼ਤਮ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਅਪਰਾਧਿਕ ਗਤੀਵਿਧੀਆਂ ਪਿੱਛੇ ਕੋਈ ਵੱਡਾ ਸੰਗਠਿਤ ਜਾਂ ਵਿਦੇਸ਼ੀ ਨੈੱਟਵਰਕ ਤਾਂ ਸਰਗਰਮ ਨਹੀਂ।