ਤਰਨ ਤਾਰਨ- ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਤੂਤ ਵਿੱਚ ਮੰਗਲਵਾਰ ਨੂੰ ਦਿਨ-ਦਿਹਾੜੇ ਗੋਲੀਆਂ ਚੱਲਣ ਦੀ ਘਟਨਾ ਵਿੱਚ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਸ਼ਵਨੀ ਕੁਮਾਰ ਤੂਤ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਉਨ੍ਹਾਂ ਦਾ ਡਰਾਈਵਰ ਚਮਕੌਰ ਸਿੰਘ ਵੀ ਗੰਭੀਰ ਜ਼ਖ਼ਮੀ ਹੋਇਆ ਹੈ।
ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਆਪਣੇ ਡਰਾਈਵਰ ਨਾਲ ਇਨੋਵਾ ਗੱਡੀ ਵਿੱਚ ਸਫ਼ਰ ਕਰ ਰਹੇ ਸਨ। ਜਦੋਂ ਉਹ ਪਿੰਡ ਤੂਤ ਦੇ ਅੱਡੇ ਨੇੜੇ ਪਹੁੰਚੇ ਤਾਂ ਮੋਟਰਸਾਈਕਲ ’ਤੇ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਏ ਹਮਲੇ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਗੋਲੀਆਂ ਲੱਗਣ ਕਾਰਨ ਅਸ਼ਵਨੀ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਮਗਰੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਮਲੇ ਦੌਰਾਨ ਉਨ੍ਹਾਂ ਦੇ ਡਰਾਈਵਰ ਚਮਕੌਰ ਸਿੰਘ ਨੂੰ ਵੀ ਗੰਭੀਰ ਸੱਟਾਂ ਲੱਗੀਆਂ, ਜਿਸ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਘਟਨਾ ਮਗਰੋਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।