You are currently viewing ਅਮਰਜੀਤ ਚਾਵਲਾ ਮਾਮਲੇ ’ਚ ਐੱਸਜੀਪੀਸੀ ਅਧਿਕਾਰੀ ਤੋਂ ਚਾਰ ਘੰਟੇ ਪੁੱਛਗਿੱਛ

ਅਮਰਜੀਤ ਚਾਵਲਾ ਮਾਮਲੇ ’ਚ ਐੱਸਜੀਪੀਸੀ ਅਧਿਕਾਰੀ ਤੋਂ ਚਾਰ ਘੰਟੇ ਪੁੱਛਗਿੱਛ

ਸ੍ਰੀ ਆਨੰਦਪੁਰ ਸਾਹਿਬ- ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੇ ਐੱਸਜੀਪੀਸੀ ਨਾਲ ਜੁੜੇ ਅਧਿਕਾਰੀਆਂ ਤੋਂ ਪੁੱਛਗਿੱਛ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਇਸੇ ਤਹਿਤ ਐੱਸਜੀਪੀਸੀ ਦੇ ਮੁੱਖ ਸਕੱਤਰ ਦੇ ਓਐੱਸਡੀ ਸਤਬੀਰ ਸਿੰਘ ਤੋਂ ਕਰੀਬ ਚਾਰ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ।

ਪੁਲੀਸ ਅਨੁਸਾਰ ਸਤਬੀਰ ਸਿੰਘ ਲੰਮੇ ਸਮੇਂ ਤੋਂ ਐੱਸਜੀਪੀਸੀ ਨਾਲ ਜੁੜੇ ਹੋਏ ਹਨ ਅਤੇ ਇਸ ਵੇਲੇ ਮੁੱਖ ਸਕੱਤਰ ਕੁਲਵੰਤ ਸਿੰਘ ਦੇ ਓਐੱਸਡੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਜਾਂਚ ਟੀਮ ਨੇ ਉਨ੍ਹਾਂ ਤੋਂ ਸੰਸਥਾ ਨਾਲ ਸਬੰਧਤ ਕੁਝ ਪ੍ਰਬੰਧਕੀ ਮਾਮਲਿਆਂ ਅਤੇ ਸਰਾਵਾਂ ਦੇ ਪ੍ਰਬੰਧ ਤੇ ਨਿਯਮਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਸ੍ਰੀ ਆਨੰਦਪੁਰ ਸਾਹਿਬ ਦੇ ਡੀਐੱਸਪੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ 21 ਅਗਸਤ 2026 ਨੂੰ ਐੱਫਆਈਆਰ ਨੰਬਰ 149 ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲੀਸ ਵੱਲੋਂ ਵੱਖ-ਵੱਖ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਮਾਮਲੇ ਨਾਲ ਸਬੰਧਤ ਤੱਥ ਇਕੱਠੇ ਕੀਤੇ ਜਾ ਰਹੇ ਹਨ।

ਅਧਿਕਾਰੀ ਨੇ ਕਿਹਾ ਕਿ ਜਾਂਚ ਨੂੰ ਕਈ ਪੱਖਾਂ ਤੋਂ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਜਿਨ੍ਹਾਂ ਵਿਅਕਤੀਆਂ ਕੋਲ ਮਾਮਲੇ ਨਾਲ ਸਬੰਧਤ ਜਾਣਕਾਰੀ ਹੋ ਸਕਦੀ ਹੈ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹੁਣ ਤੱਕ ਇਕੱਠੀ ਕੀਤੀ ਜਾਣਕਾਰੀ ਅਤੇ ਬਿਆਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਅਗਲੀ ਕਾਰਵਾਈ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਕੀਤੀ ਜਾਵੇਗੀ।