You are currently viewing ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰਾਂ ਦਾ ਰੋਸ ਜਾਰੀ, ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਰੋਕਿਆ

ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰਾਂ ਦਾ ਰੋਸ ਜਾਰੀ, ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਰੋਕਿਆ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰਾਂ ਦਾ ਵਿਰੋਧ ਪ੍ਰਦਰਸ਼ਨ ਮੰਗਲਵਾਰ ਨੂੰ ਵੀ ਜਾਰੀ ਰਿਹਾ। ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲੀਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਦਿੱਤਾ।

ਜਾਣਕਾਰੀ ਮੁਤਾਬਕ ਵਿਰੋਧੀ ਧਿਰਾਂ ਵੱਲੋਂ ‘ਸੇਵ ਡੈਮੋਕ੍ਰੇਸੀ ਮਾਰਚ’ ਕੱਢਿਆ ਗਿਆ ਸੀ। ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕੀਤੀ। ਪੁਲੀਸ ਵੱਲੋਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈ ਕੇ ਬੱਸ ਵਿੱਚ ਬਿਠਾਇਆ ਗਿਆ, ਪਰ ਬਾਅਦ ਵਿੱਚ ਉਹ ਉੱਥੋਂ ਉਤਰ ਕੇ ਆਕਾਸ਼ਵਾਣੀ ਭਵਨ ਦੇ ਵਿਹੜੇ ਵਿੱਚ ਧਰਨੇ ’ਤੇ ਬੈਠ ਗਏ।

ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰਾਂ ਦੇ ਲਗਭਗ 300 ਸੰਸਦ ਮੈਂਬਰ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਦਫ਼ਤਰ ਤੱਕ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਚੋਣ ਪ੍ਰਕਿਰਿਆ ਨਾਲ ਜੁੜੇ ਸਵਾਲਾਂ ਦੇ ਜਵਾਬ ਚਾਹੁੰਦੀ ਹੈ।

ਰਾਹੁਲ ਗਾਂਧੀ ਨੇ ਗਿਆਨੇਸ਼ ਕੁਮਾਰ ’ਤੇ ਭਾਜਪਾ ਦੀ ਮਦਦ ਕਰਨ ਦੇ ਦੋਸ਼ ਵੀ ਲਗਾਏ ਅਤੇ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਸਪੱਸ਼ਟੀਕਰਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਲੋਕਤੰਤਰ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ।