ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਕਮਿਸ਼ਨਰ ਵੱਲੋਂ ਹੁਕਮ ਜਾਰੀ; ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
ਅੰਮ੍ਰਿਤਸਰ, 20 ਅਕਤੂਬਰ
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਡਰੋਨ ਅਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 20 ਅਕਤੂਬਰ ਤੋਂ ਲਾਗੂ ਕੀਤੇ ਗਏ ਹਨ। ਹਵਾਈ ਅੱਡੇ ਦੇ ਨੇੜੇ ਰਾਤ ਸਮੇਂ ਡਰੋਨ ਵਰਗੀਆਂ ਗਤੀਵਿਧੀਆਂ ਕਾਰਨ ਪਹਿਲਾਂ ਵੀ ਦੋ ਵਾਰ ਉਡਾਣਾਂ ਨੂੰ ਹੋਰ ਹਵਾਈ ਅੱਡਿਆਂ ਵੱਲ ਭੇਜਣ ਜਾਂ ਰੱਦ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਇਸ ਦਾ ਉਦੇਸ਼ ਹਵਾਈ ਅੱਡੇ ਦੀ ਸੁਰੱਖਿਆ ਮਜ਼ਬੂਤ ਕਰਨਾ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ।
ਹੁਕਮਾਂ ਅਨੁਸਾਰ ਡਰੋਨ, ਰਿਮੋਟ ਕੰਟਰੋਲ ਨਾਲ ਚੱਲਣ ਵਾਲੇ ਛੋਟੇ ਹਵਾਈ ਜਹਾਜ਼ਾਂ, ਪੈਰਾ-ਗਲਾਈਡਰ, ਪੈਰਾ-ਮੋਟਰ, ਹੈਂਡ ਗਲਾਈਡਰ, ਗਰਮ ਹਵਾ ਵਾਲੇ ਗੁਬਾਰਿਆਂ ਅਤੇ ਇਨ੍ਹਾਂ ਵਰਗੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਣ ’ਤੇ ਰੋਕ ਰਹੇਗੀ।
ਪੁਲੀਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਵਾਈ ਅੱਡੇ ਦੀ ਸੁਰੱਖਿਆ ਅਤੇ ਹਵਾਈ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਇਹ ਪਾਬੰਦੀ ਲਾਗੂ ਕੀਤੀ ਗਈ ਹੈ।