You are currently viewing ਪਰਵਿੰਦਰ ਝੋਟਾ ਮਾਮਲਾ: ਮੰਗਾਂ ਪੂਰੀਆਂ ਹੋਣ ਮਗਰੋਂ ਹੀ ਪੋਸਟਮਾਰਟਮ ਲਈ ਸਹਿਮਤੀ ਦੇਵੇਗਾ ਪਰਿਵਾਰ

ਪਰਵਿੰਦਰ ਝੋਟਾ ਮਾਮਲਾ: ਮੰਗਾਂ ਪੂਰੀਆਂ ਹੋਣ ਮਗਰੋਂ ਹੀ ਪੋਸਟਮਾਰਟਮ ਲਈ ਸਹਿਮਤੀ ਦੇਵੇਗਾ ਪਰਿਵਾਰ

ਮਾਨਸਾ: ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਧਰਨਾ ਵੀਰਵਾਰ ਨੂੰ ਦਸਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।

ਪਰਵਿੰਦਰ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਵੀਰਵਾਰ ਸ਼ਾਮ ਨੂੰ ਦੱਸਿਆ ਕਿ ਕਾਰਵਾਈ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਪੋਸਟਮਾਰਟਮ ਬਾਰੇ ਸਹਿਮਤੀ ਦਿੱਤੀ ਜਾਵੇਗੀ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੀਆਂ ਮੰਗਾਂ ’ਤੇ ਕਾਰਵਾਈ ਕੀਤੀ ਜਾਵੇ ਅਤੇ ਉਸ ਤੋਂ ਬਾਅਦ ਹੀ ਅਗਲਾ ਕਦਮ ਚੁੱਕਿਆ ਜਾਵੇਗਾ।

ਇਸ ਤੋਂ ਪਹਿਲਾਂ ਭੀਮ ਸਿੰਘ ਨੇ ਵੀ ਕਿਹਾ ਸੀ ਕਿ ਸਿੱਖ ਪੰਥ ਵੱਲੋਂ ਪਰਿਵਾਰ ਨੂੰ ਆਪਣੀਆਂ ਮੰਗਾਂ ਮਨਵਾਉਣ ਤੋਂ ਬਾਅਦ ਹੀ ਪੋਸਟਮਾਰਟਮ ਲਈ ਸਹਿਮਤੀ ਦੇਣ ਦੀ ਸਲਾਹ ਦਿੱਤੀ ਗਈ ਹੈ।

ਝੋਟਾ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਧਰਨੇ ਜਾਰੀ ਹਨ। ਪ੍ਰਦਰਸ਼ਨਕਾਰੀ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਤਿਕੋਣੀ ਅਤੇ ਸਿਵਲ ਹਸਪਤਾਲ ਵਿੱਚ ਰੋਸ ਪ੍ਰਗਟਾ ਰਹੇ ਹਨ। ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਹਾਲੇ ਵੀ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਹੋਈ ਹੈ। ਪਰਿਵਾਰ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।